Friday 17 September 2021

ਸ਼੍ਰੋਮਣੀ ਅਕਾਲੀ ਦਲ ਬਾਦਲ ਜੋਸ਼ ਨਾਲ ਸਰਗਰਮ

 17th September 2021 at 08:14 PM

ਦਿੱਲੀ ਵਿਖੇ ਸੰਸਦ ਨੇੜੇ ਕੀਤਾ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪ੍ਰਦਰਸ਼ਨ 

ਨਵੀਂ ਦਿੱਲੀ: 17 ਸਤੰਬਰ 2021: (ਮਨਪ੍ਰੀਤ ਸਿੰਘ ਖਾਲਸਾ//ਲੋਕ ਮੀਡੀਆ ਮੰਚ)::

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਗਿਆ ਹੈ। ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਸੰਸਦ ਤੱਕ ਰੋਸ ਮਾਰਚ ਕੀਤਾ ਗਿਆ । 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਜਗਮੀਤ ਸਿੰਘ ਬਰਾੜ ਸਮੇਤ 14 ਸੀਨੀਅਰ ਆਗੂਆਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਸਨ ਅਤੇ ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਪਾਸ ਹੋਣ ਦੇ ਇੱਕ ਸਾਲ ਪੂਰਾ ਹੋਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ ਅਤੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਵੀ ਟੁੱਟਿਆ ਸੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਦੇ ਖਿਲਾਫ਼ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਤੋਂ ਇੱਕ ਸਾਲ ਪਹਿਲਾਂ ਇਹ ਖੇਤੀ ਕਾਨੂੰਨ ਲੋਕ ਸਭਾ ਵਿੱਚ ਪਾਸ ਹੋਏ ਸਨ ਅਤੇ ਉਸੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਡਾ. ਮਨਮੋਹਨ ਸਿੰਘ ਦੇ ਵੇਲੇ ਸੰਸਦ ਵਿੱਚ ਆਏ ਸਨ ਪਰ ਉਨ੍ਹਾਂ ਨੂੰ ਵਿਰੋਧ ਕਾਰਨ ਝੁਕਣਾ ਪਿਆ। ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਇਨ੍ਹਾਂ ਦਾ ਬਾਰੇ ਲਿਖਿਆ ਗਿਆ ਸੀ।"

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ, "ਇਹ ਕਾਨੂੰਨ ਪ੍ਰਧਾਨ ਮੰਤਰੀ ਨੇ ਲਾਗੂ ਕੀਤੇ ਹਨ, ਤੁਸੀਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ- ਬਸਪਾ ਦੀ ਸਰਕਾਰ ਬਣਾ ਦਿਓ ਜਿਸ ਨਾਲ ਇਹ ਕਾਨੂੰਨ ਪੰਜਾਬ ਵਿੱਚ ਲਾਗੂ ਨਹੀਂ ਹੋਣਗੇ।"

ਉਨ੍ਹਾਂ ਕੇਜਰੀਵਾਲ ਨੂੰ ਆੜੇ ਹਥੀ ਲੈਂਦਿਆਂ ਕਿਹਾ "ਅਰਵਿੰਦ ਕੇਜਰੀਵਾਲ ਨੇ ਐੱਸਵਾਈਐਲ ਦਾ ਸਮਰਥਨ ਕੀਤਾ ਹੈ ਤੇ ਅੱਜ ਗੁਰਦੁਆਰਿਆਂ ਵਿੱਚ ਆਉਣ ਉੱਪਰ ਰੋਕ ਲਗਾਉਣ ਲਈ ਲਿਖਤੀ ਨੋਟੀਫਿਕੇਸ਼ਨ ਵੀ ਕੱਢੇ ਹਨ।"

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਉਪਰ ਨਿਸ਼ਾਨਾ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰੋਕਾਂ ਦੇ ਬਾਵਜੂਦ ਪ੍ਰਦਰਸ਼ਨ ਵਿੱਚ ਪੁੱਜੇ ਹਨ। ਪ੍ਰਦਰਸ਼ਨ ਲਈ ਪੁੱਜੀਆਂ ਔਰਤਾਂ ਦਾ ਵੀ ਉਨ੍ਹਾਂ ਨੇ ਧੰਨਵਾਦ ਕਰਦਿਆਂ ਆਖਿਆ ਕਿ ਰਾਤ ਦੋ ਵਜੇ ਤੱਕ ਇਹ ਸੜਕਾਂ ਉਪਰ ਦਿੱਲੀ ਆਉਣ ਲਈ ਮੌਜੂਦ ਸਨ। ਪਹਿਲਾਂ ਉੱਤਰ ਪ੍ਰਦੇਸ਼ ਅਤੇ ਫਿਰ ਕੇਂਦਰ ਵਿੱਚ ਵੀ ਇਹ ਸਰਕਾਰ ਦੋ ਸਾਂਸਦਾਂ 'ਤੇ ਆ ਜਾਵੇਗੀ।

ਹਰਸਿਮਰਤ ਕੌਰ ਬਾਦਲ ਨੇ ਕਿਹਾ, "ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਕਿਸਾਨ ਡਟੇ ਰਹਿਣਗੇ।" ਉਨ੍ਹਾਂ ਨੇ ਖੇਤੀ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦਾ ਜ਼ਿਕਰ ਵੀ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਦੱਸਿਆ ਕਿ, ਸ਼੍ਰੋਮਣੀ ਅਕਾਲੀ ਦਲ ਵੱਲੋਂ ਐਗਜ਼ੈਕੇਟਿਵ ਮੈਜਿਸਟ੍ਰੇਟ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੂੰ ਮੈਮੋਰੰਡਮ ਸੌਂਪਿਆ ਗਿਆ ਹੈ । "ਅਸੀਂ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ, ਐੱਮਐੱਸਪੀ ਦੇ ਕਾਨੂੰਨੀ ਗਾਰੰਟੀ ਚਾਹੁੰਦੇ ਹਾਂ, ਨਾਲ ਹੀ ਸਾਰੀਆਂ ਫ਼ਸਲਾਂ ਦੀ ਖਰੀਦ ਦੇ ਅਤੇ ਵਚਨਬੱਧਦਾ ਚਾਹੁੰਦੇ ਹਾਂ ਕਿ ਕਿਸਾਨਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਕਾਨੂੰਨ ਲੈ ਕੇ ਆਉਣ ਤੋਂ ਪਹਿਲਾਂ ਸਲਾਹ-ਮਸ਼ਵਰਾ ਕੀਤਾ ਜਾਵੇ।"

ਧਿਆਨਦੇਣ ਯੋਗ ਹੈ ਕਿ ਦਿੱਲੀ ਪੁਲੀਸ ਦੇ ਡੀਸੀਪੀ ਦੀਪਕ ਯਾਦਵ ਨੇ ਦੱਸਿਆ ਕਿ ਦਿੱਲੀ ਪੁਲਿਸ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਪਸ਼ਟ ਸ਼ਬਦਾਂ ਵਿਚ ਵਿਰੋਧ ਪ੍ਰਦਰਸ਼ਨ ਲਈ ਮਨਜ਼ੂਰੀ ਨਾ ਹੋਣ ਬਾਰੇ ਦੱਸ ਦਿੱਤਾ ਸੀ ਜਿਸਦੇ ਬਾਵਜੂਦ ਵੀ ਬਾਦਲ ਦਲ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।

No comments:

Post a Comment